ਕੋਰੋਨਾ ਕਾਰਣ 50 ਫੀਸਦੀ ਸਮਰੱਥਾ ਨਾਲ ਹੋਵੇਗਾ ਗਣਤੰਤਰ ਦਿਵਸ ਸਮਾਗਮ

ਕਪੂਰਥਲਾ, 4 ਜਨਵਰੀ :

ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ।

ਅੱਜ ਇੱਥੇ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ ਪੀ ਮਨਦੀਪ ਸਿੰਘ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੁਖਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਰਚ ਪਾਸਟ, ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ, ਝਾਕੀਆਂ ਆਦਿ ਅੱਧੀ ਸਮਰੱਥਾ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

ਮੀਟਿੰਗ ਦੌਰਾਨ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ ਸਫਾਈ, ਸੁਰੱਖਿਆ, ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਦੀ ਸਪਲਾਈ, ਸੱਦਾ ਪੱਤਰ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ, ਫੁੱਲ ਡਰੈਸ ਰਿਹਰਸਲ ਆਦਿ ਬਾਰੇ ਡਿਊਟੀਆਂ ਲਾਈਆਂ ਗਈਆਂ।

ਇਹ ਵੀ ਫੈਸਲਾ ਲਿਆ ਗਿਆ ਕਿ 23 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਅਤੇ ਘਰ-ਘਰ ਰੋਜ਼ਗਾਰ, ਸਿਹਤ ਵਲੋਂ ਕਰੋਨਾ ਨੂੰ ਕੰਟਰੋਲ ਕਰਨ, ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਬਾਰੇ, ਸਮਾਰਟ ਸਕੂਲ , ਡੈਪੋ, ਸਵੱਛ ਭਾਰਤ, ਬੇਟੀ ਬਚਾਓ, ਬੇਟੀ ਪੜਾਓ ਬਾਰੇ ਝਾਕੀਆਂ ਸਜਾਈਆਂ ਜਾਣਗੀਆਂ।

ਇਸ ਤੋਂ ਇਲਾਵਾ ਕਰੋਨਾ ਦੇ ਦੌਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰੋਨਾ ਯੋਧਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ।

ਮੀਟੰਗ ਦੌਰਾਨ ਮੁੱਖ ਤੌਰ ’ਤੇ ਜਿਲ੍ਹਾ ਮਾਲ ਅਫਸਰ ਪਰਮਜੀਤ ਸਿੰਘ ਸਹੋਤਾ, ਡੀ ਡੀ ਪੀ ਓ ਲਖਵਿੰਦਰ ਸਿੰਘ, ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ, ਡੀ ਆਰ ਸਰਬਜੀਤ ਕੌਰ, ਜਿਲ੍ਹਾ ਸਿੱਖਿਆ ਅਫਸਰ ਗਰਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸਨੇਹ ਲਤਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।