ਚਾਈਨਾ ਡੋਰ ਦੀ ਵਿਕਰੀ ਤੇ ਸਟੋਰ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ

ਹੁਸ਼ਿਆਰਪੁਰ, 7 ਜਨਵਰੀ :
ਚਾਈਨਾ ਡੋਰ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਖਤੀ ਦਿਖਾਉਂਦੇ ਹੋਏ ਪੂਰੇ ਜ਼ਿਲ੍ਹੇ ਵਿੱਚ ਇਸ ਦੇ ਖਿਲਾਫ਼ ਮੁਹਿੰਮ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦੇ ਹੋਏ ਚੈਕਿੰਗ ਕਰਨ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਕਿ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਵਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਚਾਈਨਾ ਡੋਰ ਵੇਚਣ ਅਤੇ ਸਟੋਰ ਨਾ ਕਰਨ ਦੀ ਹਦਾਇਤ ਕੀਤੀ ਗਈ। ਐਸ.ਡੀ.ਐਮਜ਼ ਨੇ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਜਾਂ ਸਟੋਰ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚਾਈਨਾ ਡੋਰ ਵੋਚਣ, ਸਟੋਰ ਕਰਨ ਅਤੇ ਖਰੀਦਣ ’ਤੇ ਪਾਬੰਦੀ ਲਗਾਉਂਦੇ ਹੋਏ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਸਿੰਥੈਟਿਕ, ਪਲਾਸਟਿਕ ਨਾਲ ਬਣੀ ਚਾਈਨਾ ਡੋਰ ਦਾ ਪ੍ਰਯੋਗ ਕਰਦੇ ਹਨ, ਜਿਸ ਨਾਲ ਗਲਾ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਚਪੇਟ ਵਿੱਚ ਆ ਕੇ ਦੋ ਪਹੀਆ ਵਾਹਨ ਦੁਰਘਟਨਾਗ੍ਰਸਤ ਵੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਪੰਛੀ ਵੀ ਫ਼ਸ ਕੇ ਜਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਦਰਖੱਤਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਚਾਈਨਾ ਡੋਰ ਕਾਰਨ ਅਕਸਰ ਜਾਨਲੇਵਾ ਹਾਦਸੇ ਹੋ ਜਾਂਦੇ ਹਨ ਜਿਸ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਨਾਲ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਸਪਲਾਈ ਚੇਨ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਜੇਕਰ ਕੋਈ ਚਾਈਨਾ ਡੋਰ ਵੇਚਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਚਲਦੀ ਰਹੇਗੀ।